ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: Capt Amarinder.
ਚੰਡੀਗੜ੍ਹ, 18 ਨਵੰਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ ‘ਤੇ ਹਟਾਉਣ ਤੋਂ ਇਨਕਾਰ ਕਰਨ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ ‘ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਘਾਟੇ ਦਾ ਕਾਰਨ ਬਣਿਆ ਹੋਇਆ ਹੈ।
ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਨਾਲ ਪਿਛਲੇ ਹਫਤੇ ਹੋਈ ਵਿਚਾਰ-ਚਰਚਾ ਦੀ ਰੌਸ਼ਨੀ ਵਿੱਚ ਅੱਜ ਕੀਤੀ ਗਈ ਮੀਟਿੰਗ ਮੌਕੇ ਲਏ ਗਏ ਇਸ ਫੈਸਲੇ ‘ਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਪੰਜਾਬ ਦੇ ਹਿੱਤ ਵਿੱਚ ਖਾਸ ਕਰਕੇ ਇਸ ਮੁੱਦੇ ‘ਤੇ ਸੂਬਾ ਸਰਕਾਰ ਦੇ ਡਟਵੇਂ ਸਮਰਥਨ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦਾ ਰਾਹ ਤੋਰਨ ਦੇ ਫੈਸਲੇ ਦੇ ਮੱਦੇਨਜ਼ਰ ਕਿਸਾਨ ਯੂਨੀਅਨਾਂ ਆਪਣੀ ਦ੍ਰਿੜ ਪਹੁੰਚ ਤੋਂ ਪਿੱਛੇ ਹਟ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰੀ ਰੇਲਾਂ ਰੋਕਣ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਲਿਆ ਗਿਆ ਫੈਸਲਾ ਬਹੁਤ ਮੰਦਭਾਗਾ ਹੈ ਕਿਉਂ ਜੋ ਇਸ ਨਾਲ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਵੀ ਅੜਿੱਕਾ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕੋਈ ਵੀ ਕਦਮ ਸਦਾ ਇਸ ਤਰ੍ਹਾਂ ਨਿਰੰਤਰ ਜਾਰੀ ਨਹੀਂ ਰਹਿ ਸਕਦਾ ਅਤੇ ਜੇਕਰ ਰੇਲ ਆਵਾਜਾਈ ਹੋਰ ਸਮਾਂ ਮੁਅੱਤਲ ਰਹੀ ਤਾਂ ਸੂਬਾ ਡੂੰਘੇ ਸੰਕਟ ਵਿੱਚ ਫਸ ਜਾਵੇਗਾ ਅਤੇ ਕੋਈ ਵੀ ਸਰਕਾਰ ਅਜਿਹੀ ਸਥਿਤੀ ਸਹਿਣ ਨਹੀਂ ਕਰ ਸਕਦੀ।
ਕੇਂਦਰ ਵੱਲੋਂ ਖੇਤੀ ਆਰਡੀਨੈਂਸਾਂ ਲਿਆਉਣ ਵੇਲੇ ਤੋਂ ਹੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਖੜ੍ਹੇ ਹੋਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਕਾਨੂੰਨਾਂ ਦੇ ਅਸਰਹੀਣ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਲਿਆਉਣਾ ਇਕ ਵੱਡਾ ਕਦਮ ਸੀ।
